ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ 8:00 ਵਜੇ ਸ਼ੁਰੂ ਹੋਵੇਗੀ, ਜਿਸ ‘ਚ 64 ਕਾਊਂਟਿੰਗ ਅਬਜ਼ਰਵਰ ਇਸ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਇਨ੍ਹਾਂ ਅਧਿਕਾਰੀਆਂ ਨੂੰ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿੱਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਲਈ ਸੁਰੱਖਿਆ ਉਪਾਵਾਂ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਰਾਜ ਵਿੱਚ 27 ਸਥਾਨਾਂ ‘ਤੇ 48 ਇਮਾਰਤਾਂ ‘ਚ ਕੁੱਲ 117 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਸਟਰਾਂਗ ਰੂਮਾਂ ਵਿੱਚ ਡਬਲ ਲਾਕ, CCTV ਅਤੇ ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ, ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਸਖ਼ਤ ਸੁਰੱਖਿਆ ਪ੍ਰੋਟੋਕੋਲ ਦੇ ਨਾਲ, ਸਿਰਫ਼ ਅਧਿਕਾਰਤ ਕਰਮਚਾਰੀਆਂ ਨੂੰ ਹੀ ਦਾਖਲੇ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਕਾਊਂਟਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਕਵਿੱਕ ਰਿਸਪਾਂਸ ਟੀਮਾਂ ਵੀ ਸਟੈਂਡਬਾਏ ‘ਤੇ ਹਨ।