BJP ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਤੀਜੇ ਕਾਰਜਕਾਲ ਦੀ ਵਧਾਈ ਦਿੱਤੀ ਹੈ ਅਤੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੀ ਬੇਨਤੀ ਕੀਤੀ ਹੈ। ਜਾਖੜ ਨੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਰ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੀ ਵੀ ਅਪੀਲ ਕੀਤੀ।
ਜ਼ਿਕਰਯੋਗ, ਆਪਣੀ ਚਿੱਠੀ ਵਿੱਚ ਸੁਨੀਲ ਜਾਖੜ ਨੇ ਇਨ੍ਹਾਂ ਮੁੱਦਿਆਂ ਦੀ ਭਾਵਨਾਤਮਕ ਅਤੇ ਅਧਿਆਤਮਿਕ ਮਹੱਤਤਾ ਅਤੇ ਸਮਾਜ ਲਈ ਇਨ੍ਹਾਂ ਦੀ ਮਹੱਤਤਾ ਨੂੰ ਉਜਾਗਰ ਕੀਤਾ। ਜਾਖੜ ਨੇ ਕਿਹਾ ਕਿ ਹਵਾਈ ਅੱਡੇ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਨਾਲ ਪੰਜਾਬ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।
ਸੂਬਾ ਭਾਜਪਾ ਪ੍ਰਧਾਨ ਨੇ ਪੱਤਰ ‘ਚ ਅੱਗੇ ਲਿਖਿਆ ਹੈ ਕਿ ਹੁਣ ਜਦੋਂ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਨੂੰ ਇਸ ਦੀ ਅਸਲੀ ਸ਼ਾਨ ਬਹਾਲ ਕਰਨ ਲਈ ਦੁਬਾਰਾ ਬਣਾਇਆ ਜਾ ਰਿਹਾ ਹੈ ਤਾਂ ਗੁਰੂ ਰਵਿਦਾਸ ਮੰਦਿਰ ਦੇ ਆਲੇ ਦੁਆਲੇ ਦੇ ਖੇਤਰਾਂ ਨੂੰ ਇੱਕ ਵਾਟਿਕਾ (ਬਾਗ) ‘ਚ ਵਿਕਸਤ ਕਰਨ ਬਾਰੇ ਵਿਚਾਰ ਕਰਨਾ ਲਾਹੇਵੰਦ ਹੋਵੇਗਾ।
ਇਹ ਹਰ ਵਰਗ ਦੇ ਲੋਕਾਂ ਨੂੰ ਸਤਿਕਾਰਯੋਗ ਗੁਰੂ ਰਵਿਦਾਸ ਜੀ ਦੇ ਸਮਾਨਤਾਵਾਦੀ ਫਲਸਫੇ ਨਾਲ ਜੋੜਣ ਵਿਚ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੂੰ ਸੰਬੋਧਨ ਚਿੱਠੀ ਵਿਚ ੳਨ੍ਹਾਂ ਲਿਖਿਆ ਹੈ ਕਿ ਇਹ ਗੁਰੂ ਰਵਿਦਾਸ ਜੀ ਨੂੰ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸਾਰੇ ਧਰਮਾਂ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਦੇ ਸ੍ਰੀ ਨਰਿੰਦਰ ਮੋਦੀ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗਾ।