ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ ‘ਚ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ‘ਚ ਰੁਕੀਆਂ ਉਸਾਰੀਆਂ ਅਤੇ ਹਾਈਵੇਅ ਪ੍ਰਾਜੈਕਟਾਂ ‘ਚ ਤੇਜ਼ੀ ਲਿਆਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਔਜਲਾ ਨੇ ਦੱਸਿਆ ਕਿ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਉਪਰੰਤ ਔਜਲਾ ਨੇ ਲੁਹਾਰਕਾ ਰੋਡ ਤੇ ਰਈਆ ਪੁਲ ਦੇ ਰੁਕੇ ਹੋਏ ਪੁਲ ਸਬੰਧੀ ਵਿਚਾਰ ਵਟਾਂਦਰਾ ਕਰਨ ਸਬੰਧੀ ਜਾਣਕਾਰੀ ਦਿੱਤੀ। ਰਾਜਮਾਰਗ ਮੰਤਰੀ ਵੱਲੋਂ ਦੋਵੇਂ ਪੁਲਾਂ ਦੇ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਅਤੇ ਮੰਤਰੀ ਵੱਲੋਂ ਪ੍ਰਾਜੈਕਟਾਂ ਨੂੰ ਜਲਦੀ ਸ਼ੁਰੂ ਕਰਕੇ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਗਿਆ।
ਔਜਲਾ ਨੇ ਇੱਕ ਅਹਿਮ ਮੀਟਿੰਗ ਦੌਰਾਨ ਹਾਈਵੇਅ ਪ੍ਰੋਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੰਮ ਨੂੰ ਤੁਰੰਤ ਪੂਰਾ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਾਈਵੇ ਪ੍ਰਾਜੈਕਟਾਂ ਲਈ ਜ਼ਮੀਨ ਅਧਿਗ੍ਰਹਿਣ ਦੀ ਹੌਲੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪੰਜਾਬ ਦੇ CM ਅਤੇ ਲੋਕ ਨਿਰਮਾਣ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।
ਇਸ ਤੋਂ ਇਲਾਵਾ, ਵੱਖ-ਵੱਖ ਨਵੇਂ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਜਿਸ ਦਾ ਉਦੇਸ਼ ਸੈਲਾਨੀਆਂ ਅਤੇ ਨਿਵਾਸੀਆਂ ਦੋਵਾਂ ਲਈ ਗੁਰੂ ਨਗਰੀ ਦੀ ਸਹੂਲਤ ਨੂੰ ਬਿਹਤਰ ਬਣਾਉਣਾ ਹੈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਘਾਵਾ ਵੀ ਵਿਚਾਰ ਚਰਚਾ ਵਿੱਚ ਸ਼ਾਮਲ ਹੋਏ।