ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਕੱਢਣ ਬਾਰੇ ਚਰਚਾ ਕੀਤੀ। ਸੀਚੇਵਾਲ ਨੇ ਸੰਸਦ ਦੇ ਸੈਸ਼ਨ ਦੌਰਾਨ ਵੱਖ-ਵੱਖ ਦੇਸ਼ਾਂ ‘ਚ ਪੰਜਾਬੀਆਂ ਦੀ ਦੁਰਦਸ਼ਾ ਬਾਰੇ ਇੱਕ ਪੱਤਰ ਸੌਂਪਿਆ। ਵਿਦੇਸ਼ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਦੇਸ਼ ਮੰਤਰਾਲਾ ਫਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੰਮ ਕਰ ਰਿਹਾ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਟਰੈਵਲ ਏਜੰਟਾਂ ਦੀਆਂ ਕਾਰਵਾਈਆਂ ਕਾਰਨ ਨੌਜਵਾਨਾਂ ਦੇ ਵਿਦੇਸ਼ਾਂ ‘ਚ ਫਸੇ ਹੋਣ ਬਾਰੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ 12 ਭਾਰਤੀਆਂ, ਜਿਨ੍ਹਾਂ ‘ਚ ਜ਼ਿਆਦਾਤਰ ਪੰਜਾਬੀ ਹਨ, ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ, ਜੋ ਕਿ ਅਰਮੀਨੀਆ ਦੀ ਜੇਲ੍ਹ ਵਿਚ ਬੰਦ ਹਨ ਅਤੇ ਨੌਜਵਾਨਾਂ ਨੂੰ ਰੂਸੀ ਫੌਜ ਵਿਚ ਭਰਤੀ ਹੋਣ ਲਈ ਮਜ਼ਬੂਰ ਕੀਤੇ ਜਾਣ ਦੇ ਮਾਮਲਿਆਂ ਨੂੰ ਵੀ ਉਜਾਗਰ ਕੀਤਾ।
ਜ਼ਿਕਰਯੋਗ, ਦੋ ਨੌਜਵਾਨਾਂ ਦੇ ਮਾਪਿਆਂ ਨੇ ਸੰਤ ਸਿੰਚੇਵਾਲ ਨਾਲ ਸੰਪਰਕ ਕਰਕੇ ਜੇਲ੍ਹ ‘ਚ ਬੰਦ ਆਪਣੇ ਬੱਚਿਆਂ ਲਈ ਮਦਦ ਮੰਗੀ। ਪਿਛਲੇ ਕੁਝ ਸਮੇਂ ਤੋਂ ਜੇਲ੍ਹ ‘ਚ ਬੰਦ ਜਰਮਨਜੀਤ ਸਿੰਘ ਦਾ ਮਾਮਲਾ ਵੀ ਵਿਦੇਸ਼ ਮੰਤਰੀ ਦੇ ਧਿਆਨ ‘ਚ ਲਿਆਂਦਾ ਗਿਆ ਸੀ। ਦੁਬਈ ਦੀ ਜੇਲ੍ਹ ‘ਚ 17 ਪੰਜਾਬੀ ਮੁੰਡੇ ਵੀ ਫਸੇ ਹੋਏ ਹਨ, ਜਿਨ੍ਹਾਂ ਦੇ ਮਾਪੇ ਪਿਛਲੇ ਡੇਢ ਸਾਲ ਤੋਂ ਉਨ੍ਹਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ। ਇਨ੍ਹਾਂ ਨੌਜਵਾਨਾਂ ਦੇ ਮਾਤਾ-ਪਿਤਾ ਦਾ ਦੋਸ਼ ਹੈ ਕਿ ਦੁਬਈ ‘ਚ ਝਗੜੇ ਦੌਰਾਨ ਇਕ ਵਿਅਕਤੀ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਦੇ ਬੱਚਿਆਂ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਸੀ।