ਕੈਨੇਡਾ ‘ਚ ਸਟੂਡੈਂਟਾਂ ਦੀ ਗਿਣਤੀ ‘ਤੇ ਲੱਗਣ ਜਾ ਰਹੀ ਰੋਕ! ਮੰਤਰੀ ਮਿਲਰ ਦਾ ਵੱਡਾ ਬਿਆਨ

ਕੈਨੇਡਾ ਵਿੱਚ ਵਧਦੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੇ ਵਿਚਕਾਰ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਹ ਅਗਲੇ ਕੁਝ ਮਹੀਨਿਆਂ ਵਿੱਚ ਦੇਸ਼ ਵਿੱਚ ਰਹਿਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਰੋਕਣ ਦੀ ਸੰਭਾਵਨਾ ‘ਤੇ ਵਿਚਾਰ ਕਰ ਰਹੇ ਹਨ। ਕੈਨੇਡਾ ਵਿਚ ਪੰਜਾਬੀ ਵਿਦਿਆਰਥੀਆਂ ਦੀ ਵੱਡੀ ਗਿਣਤੀ ਹੈ। ਮੰਤਰੀ ਨੇ ਇਹ ਨਹੀਂ ਦੱਸਿਆ ਕਿ ਸਰਕਾਰ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਕਿੰਨੀ ਕਟੌਤੀ ਕਰਨ ਦੀ ਯੋਜਨਾ ਬਣਾ ਰਹੀ ਹੈ।

ਇੱਕ ਨਿਊਜ਼ ਚੈਨਲ ਦੀ ਰਿਪੋਰਟ ਮੁਤਾਬਕ ਇੱਕ ਇੰਟਰਵਿਊ ਦੌਰਾਨ ਮੰਤਰੀ ਨੇ ਕਿਹਾ ਕਿ ਇਹ ਇੱਕ ਗੱਲਬਾਤ ਹੈ ਜੋ ਸੰਘੀ ਸਰਕਾਰ ਨੂੰ ਸੂਬਾਈ ਸਰਕਾਰਾਂ ਨਾਲ ਕਰਨ ਦੀ ਜ਼ਰੂਰਤ ਹੋਏਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਹੜੇ ਸੂਬੇ ਆਪਣਾ ਕੰਮ ਨਹੀਂ ਕਰ ਰਹੇ ਹਨ, ਉਹਨਾਂ ਨੂੰ ਅਸਲ ਵਿੱਚ ਉਹਨਾਂ ਸੰਖਿਆਵਾਂ ‘ਤੇ ਲਗਾਮ ਲਗਾਉਣੀ ਚਾਹੀਦੀ ਹੈ।

ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਉਨ੍ਹਾਂ ਕਿਹਾ ਕਿ ਵਰਤਮਾਨ ਗਿਣਤੀ ਚਿੰਤਾਜਨਕ ਹੈ, ਇਹ ਇਕ ਅਜਿਹਾ ਢਾਂਚਾ ਹੈ ਜੋ ਕਾਬੂ ਤੋਂ ਬਾਹਰ ਹੋ ਗਿਆ ਹੈ। ਸਾਨੂੰ ਆਪਣਾ ਕੰਮ ਕਰਨ ਦੀ ਲੋੜ ਹੈ ਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਸਾਡੇ ਕੋਲ ਅਜਿਹਾ ਢਾਂਚਾ ਹੋਵੇ ਜੋ ਯਕੀਨੀ ਬਣਾਏ ਕਿ ਲੋਕਾਂ ਕੋਲ ਕੈਨੇਡਾ ਆਉਣ ਦੀ ਵਿੱਤੀ ਸਮਰੱਥਾ ਹੋਵੇ, ਤੇ ਅਸੀਂ ਇਸੇ ਲਈ ਆਫਰ ਲੈਟਰ ਦੀ ਪੁਸ਼ਟੀ ਕਰ ਰਹੇ ਹਾਂ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਗਿਣਤੀ ’ਤੇ ਚਰਚਾ ਸ਼ੁਰੂ ਕਰੇ ਤੇ ਇਸ ਦੇ ਵੱਖ-ਵੱਖ ਖੇਤਰਾਂ ਉਤੇ ਪੈ ਰਹੇ ਅਸਰ ਬਾਰੇ ਵਿਚਾਰ ਕਰੇ। ਕੈਨੇਡਾ ਸਰਕਾਰ ਨੂੰ ਸਥਾਈ ਅਤੇ ਅਸਥਾਈ ਦੋਵਾਂ ਪ੍ਰਵਾਸੀਆਂ ਦੀ ਵਧਦੀ ਗਿਣਤੀ ਦਾ ਸੁਆਗਤ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ, ਜਦੋਂ ਕਿ ਦੇਸ਼ ਨੂੰ ਰਿਹਾਇਸ਼ ਦੀ ਗੰਭੀਰ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *