ਆਜ਼ਾਦੀ ਦਿਵਸ ਦੇ ਮੱਦੇਨਜ਼ਰ Amritsar ਸ਼ਹਿਰ ਵਿੱਚ ਪੁਲਿਸ ਵੱਲੋਂ ਵਿਆਪਕ ਸੁਰੱਖਿਆ ਪ੍ਰਬੰਧ, ਸਪੈਸ਼ਲ ਚੈਕਿੰਗ ਅਤੇ ਫਲੈਗ ਮਾਰਚ
Punjab-ਆਜ਼ਾਦੀ ਦਿਵਸ ਦੇ ਮੱਦੇਨਜ਼ਰ Amritsar ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਵਿਆਪਕ ਪੱਧਰ ’ਤੇ ਸਪੈਸ਼ਲ ਚੈਕਿੰਗ ਅਤੇ ਨਿਗਰਾਨੀ ਮੁਹਿੰਮ ਚਲਾਈ ਜਾ ਰਹੀ ਹੈ।
ਸ੍ਰੀ ਹਰਮਨਬੀਰ ਸਿੰਘ ਗਿੱਲ, IPS, ਪੁਲਿਸ ਕਮਿਸ਼ਨਰ Amritsar ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੋਟਲਾਂ, ਸਰਾਵਾਂ, P.G., ਗੈਸਟ ਹਾਊਸਾਂ ਅਤੇ ਹੋਰ ਰਹਾਇਸ਼ੀ ਥਾਵਾਂ ਦੀ ਚੈਕਿੰਗ ਕਰਕੇ ਉੱਥੇ ਠਹਿਰੇ ਵਿਅਕਤੀਆਂ ਦੀ ਜਾਣਕਾਰੀ ਦੀ ਜਾਂਚ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਸਥਾਨਾਂ ’ਤੇ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਦੀ ਜਾਂਚ ਦੇ ਨਾਲ-ਨਾਲ ਆਉਣ-ਜਾਣ ਵਾਲੇ ਵਾਹਨਾਂ ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ, ਜਿਸ ਰਾਹੀਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।

ਵਾਹਨ ਚੈਕਿੰਗ ਦੌਰਾਨ ਸ਼ੱਕੀ ਵਾਹਨਾਂ, ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਸੰਵੇਦਨਸ਼ੀਲ ਸਥਾਨਾਂ ’ਤੇ QRT/PCR ਟੀਮਾਂ, ਨਾਕਾਬੰਦੀ ਅਤੇ ਪੈਟਰੋਲਿੰਗ ਨੂੰ ਹੋਰ ਵਧਾਇਆ ਗਿਆ ਹੈ। ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ।

ਪੁਲਿਸ ਪ੍ਰਸ਼ਾਸਨ ਵੱਲੋਂ ਹੋਟਲਾਂ, ਸਰਾਵਾਂ, P.G. ਅਤੇ ਹੋਰ ਰਹਾਇਸ਼ੀ ਸਥਾਨਾਂ ਦੇ ਮਾਲਕਾਂ/ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਕੋਲ ਠਹਿਰਣ ਵਾਲੇ ਵਿਅਕਤੀਆਂ ਦੀ ਪੂਰੀ ਜਾਣਕਾਰੀ ਅਤੇ ਪਛਾਣ ਸਬੰਧੀ ਰਿਕਾਰਡ ਨਿਯਮਾਂ ਅਨੁਸਾਰ ਦਰਜ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਵਿੱਚ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਅਫਵਾਹਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਕਿਸੇ ਵੀ ਗੈਰ-ਪ੍ਰਮਾਣਿਤ ਜਾਣਕਾਰੀ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।ਕਮਿਸ਼ਨਰੇਟ ਪੁਲਿਸ Amritsar ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਆਜ਼ਾਦੀ ਦਿਵਸ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਮਨਾਉਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸ਼ਹਿਰ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
