ਅੰਮ੍ਰਿਤਸਰ ਦੇ ਕਾਲਜਾਂ ’ਚ ਪੁਲਿਸ ਦੀ ਪਹੁੰਚ ਵਧੀ, ਵਿਦਿਆਰਥੀਆਂ ਨਾਲ ਸੁਰੱਖਿਆ ਮੁੱਦਿਆਂ ’ਤੇ ਕੀਤੀ ਗੱਲਬਾਤ
Punjab- ਵਿੱਚ ਹਾਲੀਆ ਵਿਦਿਆਰਥੀ ਪ੍ਰਦਰਸ਼ਨਾਂ ਤੋਂ ਬਾਅਦ ਪੁਲਿਸ ਵੱਲੋਂ ਵਿਦਿਅਕ ਸੰਸਥਾਵਾਂ ਨਾਲ ਸਿੱਧਾ ਸੰਪਰਕ ਵਧਾਉਣ ਦੀ ਪਹਿਲ ਕੀਤੀ ਗਈ ਹੈ। ਇਸੇ ਤਹਿਤ ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਸਟਾਫ ਨਾਲ ਗੱਲਬਾਤ ਕੀਤੀ।
ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਕੈਂਪਸ ਸੁਰੱਖਿਆ, ਨਸ਼ਿਆਂ ਤੋਂ ਬਚਾਅ, ਟ੍ਰੈਫਿਕ ਨਿਯਮਾਂ ਅਤੇ ਐਮਰਜੈਂਸੀ ਸਹਾਇਤਾ ਵਰਗੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਇਹ ਮੁਹਿੰਮ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਨਿਰਦੇਸ਼ਾਂ ਹੇਠ ਚਲਾਈ ਗਈ।
ਪੁਲਿਸ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਖਾਲਸਾ ਯੂਨੀਵਰਸਿਟੀ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, BBK DAV ਕਾਲਜ ਫਾਰ ਵੂਮੈਨ, ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੂਮੈਨ, ਸ਼ਹਿਜ਼ਾਦਾ ਨੰਦ ਕਾਲਜ, ਹਿੰਦੂ ਕਾਲਜ, DAV ਕਾਲਜ ਅਤੇ ਮਾਈ ਭਾਗੋ ਕਾਲਜ ਸਮੇਤ ਕਈ ਸੰਸਥਾਵਾਂ ਵਿੱਚ ਵਿਦਿਆਰਥੀਆਂ ਨਾਲ ਸੰਪਰਕ ਕੀਤਾ ਗਿਆ।
ਵਿਦਿਆਰਥੀਆਂ ਨੂੰ 112 ਹੈਲਪਲਾਈਨ ਬਾਰੇ ਦਿੱਤੀ ਜਾਣਕਾਰੀ
ਗੱਲਬਾਤ ਦੌਰਾਨ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਜੇਕਰ ਉਨ੍ਹਾਂ ਨੂੰ ਕੈਂਪਸ ਜਾਂ ਆਸ-ਪਾਸ ਕਿਸੇ ਤਰ੍ਹਾਂ ਦੀ ਸੁਰੱਖਿਆ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਉਹ ਪੁਲਿਸ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਅਧਿਕਾਰੀਆਂ ਨੇ 112 ਐਮਰਜੈਂਸੀ ਹੈਲਪਲਾਈਨ ਦੇ ਨਾਲ-ਨਾਲ ਸਬੰਧਤ ਥਾਣਿਆਂ, PCR ਅਤੇ ਕੰਟਰੋਲ ਰੂਮ ਦੇ ਸੰਪਰਕ ਵੇਰਵੇ ਵੀ ਸਾਂਝੇ ਕੀਤੇ।
ਪੁਲਿਸ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ ਅਤੇ ਸੋਸ਼ਲ ਮੀਡੀਆ ’ਤੇ ਬਿਨਾਂ ਪੁਸ਼ਟੀ ਵਾਲੀਆਂ ਖ਼ਬਰਾਂ ਜਾਂ ਅਫਵਾਹਾਂ ਸਾਂਝੀਆਂ ਨਾ ਕਰਨ ਦੀ ਅਪੀਲ ਵੀ ਕੀਤੀ।
ਇਹ ਕਾਰਵਾਈ ਪੰਜਾਬ ਦੀਆਂ ਕੁਝ ਯੂਨੀਵਰਸਿਟੀਆਂ ਵਿੱਚ ਹਾਲ ਹੀ ਵਿੱਚ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਦੇ ਪਿਛੋਕੜ ਵਿੱਚ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਅਤੇ ਵਿਦਿਅਕ ਸੰਸਥਾਵਾਂ ਨਾਲ ਸਿੱਧਾ ਸੰਪਰਕ ਰੱਖਣ ਨਾਲ ਸੁਰੱਖਿਆ ਸਬੰਧੀ ਚਿੰਤਾਵਾਂ ਨੂੰ ਸਮੇਂ ਸਿਰ ਸਮਝਣ ਅਤੇ ਹੱਲ ਕਰਨ ਵਿੱਚ ਮਦਦ ਮਿਲ ਸਕਦੀ ਹੈ।
