ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਕਰਵਾਈ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਲੋੜ ਅਨੁਸਾਰ ਪ੍ਰਬੰਧਕਾਂ ਨਾਲ ਸੰਪਰਕ ਕਰ ਸਕਣ ਇਸ ਲਈ ਦਫਤਰ ਦੀ ਜ਼ਰੂਰਤ ਸੀ, ਜਿਸ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਸੀ।

ਉਨ੍ਹਾਂ ਕਿਹਾ ਕਿ ਭਾਈ ਗੁਰਇਕਬਾਲ ਸਿੰਘ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿੱਚ ਵੱਡੀਆਂ ਸੇਵਾਵਾਂ ਨਿਭਾ ਰਹੇ ਹਨ, ਉਥੇ ਗੁਰੂ-ਘਰ ਦੀਆਂ ਸੇਵਾਵਾਂ ਵਿੱਚ ਵੀ ਵੱਡਾ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਇਨ੍ਹਾਂ ਨੇ ਸੰਗਤ ਦੇ ਸਹਿਯੋਗ ਨਾਲ ਕਈ ਸੇਵਾਵਾਂ ਕੀਤੀਆਂ ਹਨ। ਉਨ੍ਹਾਂ ਭਾਈ ਗੁਰਇਕਬਾਲ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਤੇ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਭਾਈ ਗੁਰਇਕਬਾਲ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਵਧੀਕ ਮੈਨੇਜਰ ਸ. ਯੁਵਰਾਜ ਸਿੰਘ, ਸ. ਹਰਵਿੰਦਰਪਾਲ ਸਿੰਘ ਲਿਟਲ, ਸ. ਮਨਦੀਪ ਸਿੰਘ, ਸ. ਪਰਮਜੀਤ ਸਿੰਘ, ਸ. ਸਤਨਾਮ ਸਿੰਘ, ਸ. ਤਰਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।