ਚੰਡੀਗੜ੍ਹ ਨਗਰ ਨਿਗਮ ਹਾਊਸ ਨੇ ਪ੍ਰਤੀ ਘਰ ਪ੍ਰਤੀ ਮਹੀਨਾ 20 ਹਜ਼ਾਰ ਲੀਟਰ ਮੁਫਤ ਪਾਣੀ ਮੁਹੱਈਆ ਕਰਵਾਉਣ ਦੀ ਨੀਤੀ ਲਾਗੂ ਕੀਤੀ ਹੈ। ਇਸ ਪਹਿਲਕਦਮੀ ਦਾ ਏਜੰਡਾ ਕਾਂਗਰਸੀ ਕੌਂਸਲਰ ਤਰੁਣਾ ਮਹਿਤਾ ਨੇ ਪੇਸ਼ ਕੀਤਾ ਹੈ। ਮੇਅਰ ਕੁਲਦੀਪ ਕੁਮਾਰ ਨੇ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਹਾਊਸ ਵਿਖੇ 7 ਏਜੰਡਾ ਆਈਟਮਾਂ ਦਾ ਐਲਾਨ ਕੀਤਾ, ਜਿਸ ‘ਚ ਸ਼ਹਿਰ ਵਾਸੀਆਂ ਨੂੰ ਮਹੀਨਾਵਾਰ 20,000 ਲੀਟਰ ਮੁਫ਼ਤ ਪਾਣੀ ਮੁਹੱਈਆ ਕਰਵਾਉਣਾ ਅਤੇ ਪੂਰੇ ਸ਼ਹਿਰ ਵਿੱਚ ਪਾਰਕਿੰਗ ਫੀਸ ਖ਼ਤਮ ਕਰਨਾ ਸ਼ਾਮਲ ਹੈ।
ਇਸ ਘੋਸ਼ਣਾ ਤੋਂ ਬਾਅਦ, ਚੰਡੀਗੜ੍ਹ ਦੇ ਸਾਰੇ ਪਾਰਕਿੰਗ ਸਥਾਨਾਂ ‘ਤੇ ਹੁਣ ਕਿਸੇ ਵੀ ਰਾਜ ਤੋਂ ਆਉਣ ਵਾਲੇ ਵਾਹਨਾਂ ਲਈ ਫੀਸ ਮੁਫਤ ਹੈ। ਇਸ ਫੈਸਲੇ ਨੂੰ ਨਿਗਮ ਦੀ ਹਾਲ ਹੀ ‘ਚ ਹੋਈ ਮੀਟਿੰਗ ਦੌਰਾਨ ਪ੍ਰਵਾਨਗੀ ਦਿੱਤੀ ਗਈ।BJP ਨੇ ਮੁਫ਼ਤ ਪਾਣੀ ਮੁਹੱਈਆ ਕਰਾਉਣ ਦੀ ਰਾਸ਼ੀ 20 ਹਜ਼ਾਰ ਲੀਟਰ ਤੋਂ ਵਧਾ ਕੇ 40 ਹਜ਼ਾਰ ਲੀਟਰ ਕਰਨ ਦਾ ਪ੍ਰਸਤਾਵ ਰੱਖਿਆ ਸੀ ਪਰ ਬਹੁਮਤ ਨਾ ਹੋਣ ਕਾਰਨ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।
ਇਸ ਤੋਂ ਇਲਾਵਾ ਹੁਣ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਲਈ ਚੰਡੀਗੜ੍ਹ ਦੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਜਾਵੇਗਾ। ਚੰਡੀਗੜ੍ਹ ਵਿੱਚ, ਨਗਰ ਨਿਗਮ 89 ਪਾਰਕਿੰਗ ਸਥਾਨਾਂ ਦਾ ਪ੍ਰਬੰਧਨ ਕਰਦਾ ਹੈ, ਜਿਨ੍ਹਾਂ ਵਿੱਚ ਦੋਪਹੀਆ ਵਾਹਨ ਅਤੇ ਚਾਰ ਪਹੀਆ ਵਾਹਨ ਪਾਰਕਿੰਗ ਸਥਾਨਾਂ ਦੀ ਬਰਾਬਰ ਗਿਣਤੀ ਹੈ।