ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮੀਰਾਂਕੋਟ ਕਲਾਂ ਵਿਖੇ ਡੀ.ਆਰ ਇਨਕਲੇਵ ਦੀ ਬੈਕਸਾਈਡ ਅਤੇ ਈ-ਨਰਾਇਣਾ ਸਕੂਲ ਦੇ ਨਾਲ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਜਿਲ੍ਹਾ ਟਾਊਨ ਪਲਾਨਰ, ਅਮਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਮੀਰਾਂਕੋਟ ਕਲਾਂ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ 29 ਅਪ੍ਰੈਲ 2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਤਹਿਤ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਇਸ ਤੋਂ ਇਲਾਵਾ ਡੀ.ਆਰ ਇਨਕਲੇਵ ਦੀ ਬੈਕਸਾਈਡ ਉੱਪਰ ਪੈਂਦੇ ਪਿੰਡ ਮੀਰਾਂਕੋਟ ਕਲਾਂ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖਿਲਾਫ ਪਹਿਲਾਂ ਵੀ ਮਿਤੀ 30/11/2022 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਅਤੇ ਕਾਨੂੰਨੀ ਕਾਰਵਾਈ ਕਰਨ ਹਿੱਤ ਪੁਲਿਸ ਵਿਭਾਗ ਨੂੰ ਵੀ ਲਿਖਿਆ ਹੋਇਆ ਹੈ, ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀਆਂ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।

ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।
