ਕਿਸਾਨ ਰਜਿਸਟਰੀ I.D. ਬਣਵਾਉਣੀ ਲਾਜ਼ਮੀ, P.M. ਕਿਸਾਨ ਸਨਮਾਨ ਨਿਧੀ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ ਹੋਵੇਗੀ ਜ਼ਰੂਰੀ: ਮੁੱਖ ਖੇਤੀਬਾੜੀ ਅਫ਼ਸਰ
Amritsar-ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਸਮੂਹ ਯੋਗ ਕਿਸਾਨਾਂ ਨੂੰ ਜਲਦ ਰਜਿਸਟਰੀ ਕਰਵਾਉਣ ਦੀ ਅਪੀਲ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਖੇਤੀਬਾੜੀ ਭਲਾਈ ਸਕੀਮਾਂ ਅਤੇ ਸਹੂਲਤਾਂ ਦਾ ਲਾਭ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਐਗਰੀਸਟੈਕ ਪ੍ਰੋਜੈਕਟ ਅਧੀਨ ਕਿਸਾਨ ਰਜਿਸਟਰੀ ਆਈ.ਡੀ. ਬਣਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਸ੍ਰੀ ਅਮਰਜੀਤ ਸਿੰਘ ਦੁਸਾਂਝ ਨੇ ਜ਼ਿਲ੍ਹੇ ਦੇ ਸਮੂਹ ਯੋਗ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਆਈ.ਡੀ. ਜਲਦ ਤੋਂ ਜਲਦ ਬਣਵਾਉਣ ਨੂੰ ਯਕੀਨੀ ਬਣਾਉਣ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਯੋਗ ਕਿਸਾਨਾਂ ਨੂੰ ਸਾਲਾਨਾ 6,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਇਸ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ ਕਿਸਾਨ ਰਜਿਸਟਰੀ I.D. ਬਣਵਾਉਣਾ ਲਾਜ਼ਮੀ ਹੋਵੇਗਾ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਆਪਣੀ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾਉਣ, ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਪਰਿਵਾਰਾਂ ਦੇ ਵੱਖ-ਵੱਖ ਮੈਂਬਰਾਂ ਦੇ ਨਾਂ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਹਰੇਕ ਯੋਗ ਮੈਂਬਰ ਦੀ ਵੱਖਰੀ ਫਾਰਮਰ ਰਜਿਸਟਰੀ ਆਈ.ਡੀ. ਬਣਵਾਉਣੀ ਜ਼ਰੂਰੀ ਹੈ। ਕੇਵਲ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਕਰਵਾਉਣਾ ਕਾਫ਼ੀ ਨਹੀਂ ਹੋਵੇਗਾ। ਇਸ ਲਈ ਹਰੇਕ ਸਬੰਧਤ ਕਿਸਾਨ ਆਪਣੇ ਨਾਂ ’ਤੇ ਦਰਜ ਵਾਹੀਯੋਗ ਜ਼ਮੀਨ ਦੇ ਆਧਾਰ ’ਤੇ ਆਪਣੀ ਰਜਿਸਟਰੀ ਕਰਵਾਉਣ ਲਈ ਲੋੜੀਂਦੀ ਕਾਰਵਾਈ ਮੁਕੰਮਲ ਕਰੇ।
ਉਨ੍ਹਾਂ ਦੱਸਿਆ ਕਿ ਕਿਸਾਨ ਰਜਿਸਟਰੀ I.D. ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (C.S.C.) ਵਿਖੇ ਬਿਲਕੁਲ ਮੁਫ਼ਤ ਉਪਲਬਧ ਹੈ। ਕਿਸਾਨ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ’ਤੇ ਪਹੁੰਚ ਕੇ ਇਹ ਸਹੂਲਤ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਕਿਸਾਨ ਆਪਣੇ ਸਬੰਧਤ ਸਹਿਕਾਰੀ ਸਭਾਵਾਂ ਜਾਂ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਕੇ ਵੀ ਇਸ ਪ੍ਰਕਿਰਿਆ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਹਾਸਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਫਾਰਮਰ ਰਜਿਸਟਰੀ I.D. ਬਣਵਾਉਣ ਸਮੇਂ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਬਲਾਕ ਦੇ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ, ਤਾਂ ਜੋ ਸਰਕਾਰ ਦੀਆਂ ਕਿਸਾਨ ਭਲਾਈ ਯੋਜਨਾਵਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
