ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਰੋਜ਼ਾਨਾ ਕਰ ਰਹੀਆਂ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ
-ਫੀਵਰ ਸਰਵੇ ਦੌਰਾਨ ਲਗਾਈ 26 ਟੀਮਾਂ ਦੀ ਡਿਊਟੀ
-ਡਾਕਟਰਾਂ ਦੀਆਂ ਟੀਮਾਂ ਪਿੰਡ ਪੱਧਰ ਤੱਕ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆ ਦਾ ਕਰ ਰਹੀਆਂ ਸਰਵੇ
ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਮੱਛਰਾਂ ਦੀ ਰੋਕਥਾਮ ਜ਼ਰੂਰੀ – ਸਿਵਲ ਸਰਜਨ
ਹੜ੍ਹਾਂ ਦਾ ਪਾਣੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿਉਂ ਜਿਉਂ ਘਟ ਰਿਹਾ ਹੈ ਉਥੇ ਕਈ ਤਰ੍ਹਾਂ ਬਿਮਾਰੀਆਂ ਫੈਲਣ ਦਾ ਖਦਸ਼ਾ ਵੀ ਹੈ, ਇਸ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰ ਰਹੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਨੂੰ ਫੈਲਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ 26 ਟੀਮਾਂ ਨੇ 14 ਪਿੰਡਾਂ ਵਿੱਚ ਜਾ ਕੇ ਘਰ ਘਰ ਸਰਵੇ ਕੀਤਾ ਹੈ ਅਤੇ 2046 ਵਿਅਕਤੀ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿੱਚੋਂ 74 ਵਿਅਕਤੀ ਸ਼ੱਕੀ ਪਾਏ ਗਏ ਹਨ ਅਤੇ ਇਨ੍ਹਾਂ ਨੂੰ ਡਾਕਟਰਾਂ ਵੱਲੋਂ ਦਵਾਈ ਦੇ ਦਿੱਤੀ ਗਈ ਹੈ। ਉਨ੍ਹਾਂ ਦਸਿਆ ਕਿ ਇਸ ਤੋਂ ਇਲਾਵਾ 268 ਬੱਲਡ ਸੈਂਪਲ ਵੀ ਲਏ ਗਏ ਹਨ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡਾਕਟਰਾਂ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਫਾਗਿੰਗ ਵਾਲੀਆਂ ਟੀਮਾਂ ਤੋਂ ਘਰਾਂ ਵਿੱਚ ਵੀ ਸਪਰੇਅ ਕਰਵਾਉਣ।
ਸਿਹਤ ਵਿਭਾਗ ਵੱਲੋਂ ਹੜ੍ਹਾਂ ਅਤੇ ਬਰਸਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਸਲਾਹ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸਵਰਨਜੀਤ ਧਵਨ ਨੇ ਦੱਸਿਆ ਕਿ ਹੜ੍ਹਾਂ ਅਤੇ ਬਰਸਾਤਾਂ ਦਾ ਮੌਸਮ ਹੋਣ ਕਾਰਨ ਡੇਂਗੂ ਅਤੇ ਚਿਕਨਗੁਨੀਆਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਡੇਂਗੂ ਅਤੇ ਚਿਕਨਗੁਨੀਆਂ ਇਲਾਜ ਯੋਗ ਹਨ। ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ। ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਦੇ ਲੱਛਣ ਹੋ ਸਕਦੇ ਹਨ। ਤੇਜ਼ ਬੁਖ਼ਾਰ, ਸਿਰ ਦਰਦ, ਜੋੜਾਂ ਵਿੱਚ, ਦਰਦ ਅਤੇ ਸੋਜ਼, ਚਮੜੀ ਤੇ ਦਾਣੇ ਅਤੇ ਖਾਰਿਸ਼ ਆਦਿ ਚਿਕਨਗੁਨੀਆਂ ਦੇ ਲੱਛਣ ਹੋ ਸਕਦੇ ਹਨ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਿਰਫ ਦਿਨ ਵੇਲੇ ਕੱਟਦਾ ਹੈ।
ਉਹਨਾਂ ਕਿਹਾ ਕਿ ਸਾਧਾਰਨ ਸਾਵਧਾਨੀਆਂ ਦੀ ਵਰਤੋਂ ਨਾਲ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜ਼ਰੂਰ ਸਾਫ਼ ਸਫ਼ਾਈ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ।
ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਬੁਖ਼ਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਈ ਜਾਵੇ, ਬੁਖ਼ਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਹੀ ਲਈ ਜਾ ਸਕਦੀ ਹੈ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ, ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲ੍ਹੇ ਵਿੱਚ ਨਹੀਂ ਰੱਖਿਆ ਜਾਣਾ ਚਾਹੀਂਦਾ। ਪਾਣੀ ਜਾਂ ਤਰਲ ਚੀਜਾਂ ਜ਼ਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਡੀਆਂ ਟੀਮਾਂ ਲਗਾਤਾਰ ਡਿਊਟੀ ਦੇ ਰਹੀਆਂ ਹਨ ਅਤੇ ਲੋਕਾਂ ਦੇ ਡੇਂਗੂ ਅਤੇ ਚਿਕਨਗੁਨੀਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ।