ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੋਂ ਪਹਿਲਾਂ ਐਕਸ਼ਨ ’ਚ ਨਗਰ ਨਿਗਮ, ਸੀਨੀਅਰ ਡਿਪਟੀ ਮੇਅਰ Priyanka Sharma ਨੇ ਸੰਭਾਲੀ ਸਫ਼ਾਈ ਦੀ ਕਮਾਨ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੱਦੇਨਜ਼ਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਮੰਦਰ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੱਦੇਨਜ਼ਰ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਸੀਨੀਅਰ ਡਿਪਟੀ ਮੇਅਰ Priyanka Sharma ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ

ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਉਹ ਮੰਦਰ ਕਮੇਟੀਆਂ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਮੰਦਰ ਪਰਿਸਰ ਅਤੇ ਆਸ-ਪਾਸ ਦੀ ਸਫ਼ਾਈ ਦੇ ਨਾਲ-ਨਾਲ ਸ਼ਰਧਾਲੂਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।ਇਸੇ ਤਹਿਤ ਉਨ੍ਹਾਂ ਨੇ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਅਤੇ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪ੍ਰਿਯੰਕਾ ਸ਼ਰਮਾ ਨੇ ਦੱਸਿਆ ਕਿ ਬੀਤੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਪੁਰਬ ਮੌਕੇ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਸ਼ਹਿਰ ਦੀਆਂ ਪ੍ਰਮੁੱਖ ਮੰਦਰ ਕਮੇਟੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਮੰਦਰ ਕਮੇਟੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਨਗਰ ਨਿਗਮ ਅੰਮ੍ਰਿਤਸਰ ਇਸ ਪਾਵਨ ਪੁਰਬ ਨੂੰ ਲੈ ਕੇ ਮੰਦਰ ਕਮੇਟੀਆਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ ਅਤੇ ਇਸ ਨੂੰ ਆਪਣਾ ਪਹਿਲਾ ਫਰਜ਼ ਸਮਝਦਾ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟ, ਕੂੜੇ ਦੀ ਲਿਫਟਿੰਗ ਜਾਂ ਕਿਸੇ ਵੀ ਹੋਰ ਕਿਸਮ ਦੀ ਸਮੱਸਿਆ ਸਾਹਮਣੇ ਆਉਣ ’ਤੇ ਨਗਰ ਨਿਗਮ ਦੀ ਟੀਮ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ।ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲੋਕਾਂ ਦਾ ਸਹਿਯੋਗ ਸਭ ਤੋਂ ਵੱਧ ਜ਼ਰੂਰੀ ਹੈ। ਇਸ ਲਈ ਪੂਜਾ ਸਮੱਗਰੀ ਵਾਲੇ ਖਾਲੀ ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਸਮਾਨ ਇੱਧਰ-ਉੱਧਰ ਕੂੜੇ ਵਜੋਂ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸ਼ਹਿਰ ਵਾਸੀ ਮਿਲ ਕੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਪੁਰਬ ਸਫ਼ਾਈ ਅਤੇ ਸੁਚੱਜੇ ਪ੍ਰਬੰਧਾਂ ਨਾਲ ਮਨਾਉਣ, ਤਾਂ ਜੋ ਹੋਰਨਾਂ ਲੋਕਾਂ ਨੂੰ ਵੀ ਸਫ਼ਾਈ ਵਿਵਸਥਾ ਸੁਚਾਰੂ ਰੱਖਣ ਲਈ ਪ੍ਰੇਰਣਾ ਮਿਲ ਸਕੇ।

ਸਰਾਹਣਯੋਗ ਉਪਰਾਲਾ—ਪ੍ਰਧਾਨ ਪ੍ਰੋਫੈਸਰ ਚਾਵਲਾ

ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਨੇ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਪੁਰਬ ਨੂੰ ਲੈ ਕੇ ਚਲਾਈ ਗਈ ਇਸ ਮੁਹਿੰਮ ਦਾ ਹਿੱਸਾ ਹਰ ਸ਼ਹਿਰ ਵਾਸੀ ਨੂੰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸੇਵਾ ਲਈ ਸਮਰਪਿਤ ਲੋਕ ਹੀ ਸਮਾਜ ਦੀ ਬਿਹਤਰੀ ਲਈ ਅਜਿਹੇ ਉਪਰਾਲੇ ਕਰਦੇ ਹਨ।

ਲੰਗਰ ਕਮੇਟੀਆਂ ਨੂੰ ਵਿਸ਼ੇਸ਼ ਅਪੀਲ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਦੇ ਹਨ ਅਤੇ ਲੰਗਰ ਕਮੇਟੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾਂਦੇ ਹਨ। ਇਸ ਸਬੰਧੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਲੰਗਰ ਕਮੇਟੀਆਂ ਨੂੰ ਵਿਸ਼ੇਸ਼ ਅਪੀਲ ਕੀਤੀ ਕਿ ਪਲਾਸਟਿਕ ਦੀ ਵਰਤੋਂ ਮਨੁੱਖੀ ਸਿਹਤ ਅਤੇ ਵਾਤਾਵਰਨ ਲਈ ਹਾਨੀਕਾਰਕ ਹੈ। ਇਸ ਲਈ ਥਰਮੋਕੋਲ ਦੀ ਵਰਤੋਂ ਕਰਨ ਦੀ ਬਜਾਏ ਪੱਤਿਆਂ ਤੋਂ ਬਣੀਆਂ ਪੱਤਲਾਂ ਦੀ ਵਰਤੋਂ ਕੀਤੀ ਜਾਵੇ।ਇਸ ਦੇ ਨਾਲ ਹੀ ਲੰਗਰ ਦੇ ਆਲੇ-ਦੁਆਲੇ ਕੂੜੇਦਾਨ ਰੱਖੇ ਜਾਣ, ਤਾਂ ਜੋ ਸਫ਼ਾਈ ਵਿਵਸਥਾ ਸੁਚਾਰੂ ਬਣੀ ਰਹੇ ਅਤੇ ਕੂੜਾ ਇੱਧਰ-ਉੱਧਰ ਨਾ ਖਿਲਰੇ।

Leave a Reply

Your email address will not be published. Required fields are marked *