ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁ. ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁ. ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਗੁਰਦੁਆਰਾ ਗੁਰੂਸਰ ਸਾਹਿਬ ਹੰਢਾਇਆ ਲਈ ਰਵਾਨਾ
ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਖਾਲਸਈ ਜਾਹੋ-ਜਲਾਲ ਨਾਲ ਕੀਤਾ ਗਿਆ ਭਰਵਾਂ ਸਵਾਗਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ, ਹੰਢਾਇਆ ਲਈ ਰਵਾਨਾ ਹੋਇਆ।


ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ

 

ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਆ, ਉਥੇ ਹੀ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।


ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ’ਚ ਵੱਡੀ ਗਿਣਤੀ ਸੰਗਤਾਂ ਦੇ ਨਾਲ-ਨਾਲ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ।

Leave a Reply

Your email address will not be published. Required fields are marked *