ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਮਹਿੰਗਾਪੁਰ ਤੋਂ ਗੁਰਦੁਆਰਾ ਦਮਦਮਾ ਸਾਹਿਬ ਪੂਰਨਪੁਰ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:
ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਮਹਿੰਗਾਪੁਰ ਤੋਂ ਗੁਰਦੁਆਰਾ ਦਮਦਮਾ ਸਾਹਿਬ ਪੂਰਨਪੁਰ ਲਈ ਰਵਾਨਾ
ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਲਈ ਰਵਾਨਾ ਹੋਇਆ।


ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਗੁਰਮਤਿ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜੈਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਅਮਰਜੀਤ ਸਿੰਘ ਬੰਡਾਲਾ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।


ਇਸੇ ਦੌਰਾਨ ਬੀਤੀ ਰਾਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ।
ਅੱਜ ਇਹ ਨਗਰ ਕੀਰਤਨ ਗੁਰਦੁਆਰਾ ਨਾਨਕਸਰ ਪਿਆਓ ਸਾਹਿਬ ਮਹਿੰਗਾਪੁਰ ਉੱਤਰ ਪ੍ਰਦੇਸ਼ ਤੋਂ ਆਰੰਭ ਹੋ ਕੇ ਪਲਿਆ ਕਲਾਂ, ਮੈਲਾਨੀ, ਖੁਟਾਰ, ਘਰੇੜਦੌੜਾ ਤੋਂ ਹੁੰਦਾ ਹੋਇਆ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ ਪੂਰਨਪੁਰ ਪੁੱਜਾ। ਰਸਤੇ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਤਿਕਾਰ ਦਿੱਤਾ। ਰਸਤੇ ਵਿਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ। ਸਥਾਨਕ ਸੰਗਤਾਂ ਵਿਚ ਨਗਰ ਕੀਰਤਨ ਪ੍ਰਤੀ ਵੱਡਾ ਉਤਸ਼ਾਹ ਸੀ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਅਤੇ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ।


ਦੱਸਣਯੋਗ ਹੈ ਕਿ ਇਹ ਸ਼ਹੀਦੀ ਨਗਰ ਕੀਰਤਨ ਅੱਜ ਰਾਤ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁੱਲ, ਪੂਰਨਪੁਰ ਵਿਖੇ ਰੁਕੇਗਾ, ਜਿਥੋਂ 6 ਸਤੰਬਰ ਨੂੰ ਅਗਲੇ ਪੜਾਅ ਗੁਰਦੁਆਰਾ ਨਾਨਕਮਤਾ ਸਾਹਿਬ ਉੱਤਰਾਖੰਡ ਲਈ ਰਵਾਨਾ ਹੋਵੇਗਾ।


ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਨਾਮ ਸਿੰਘ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਚੀਫ ਗੁਰਦੁਆਰਾ ਇੰਸਪੈਕਟਰ ਸ. ਜਗਦੀਸ਼ ਸਿੰਘ ਬੁੱਟਰ, ਇੰਚਾਰਜ ਸਿੱਖ ਮਿਸ਼ਨ ਉੱਤਰਾਖੰਡ ਭਾਈ ਸੁਖਵਿੰਦਰ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਲਖਨਊ ਦੇ ਪ੍ਰਬੰਧਕ ਬਾਬਾ ਗੁਰਨਾਮ ਸਿੰਘ ਮਹਿੰਗਾਪੁਰ, ਸ. ਸ਼ੇਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *