ਸੀਵਰੇਜ ਪਾਣੀ ਨਾਲ ਪਰੇਸ਼ਾਨ ਲੋਕਾਂ ਦੀ ਸ਼ਿਕਾਇਤ ‘ਤੇ ਸੀਨੀਅਰ ਡਿਪਟੀ ਮੇਅਰ ਵੱਲੋਂ ਤੁਰੰਤ ਕਾਰਵਾਈ ਦੇ ਆਦੇਸ਼
ਨਗਰ ਨਿਗਮ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਅੱਜ ਆਪਣੇ ਨਿਗਮ ਦਫ਼ਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਸੁਣਵਾਈ ਦੌਰਾਨ ਉਨ੍ਹਾਂ ਦੇ ਧਿਆਨ ਵਿੱਚ ਇੱਕ ਮਾਮਲਾ ਗਲੀ ਨੰਬਰ-2, ਗੁਰੂ ਨਾਨਕ ਪੁਰਾ ਦਾ ਆਇਆ। ਇਲਾਕੇ ਦੇ ਵਸਨੀਕ ਇਕੱਠੇ ਹੋ ਕੇ ਸੀਨੀਅਰ ਡਿਪਟੀ ਮੇਅਰ ਨੂੰ ਮਿਲਣ ਪਹੁੰਚੇ ਅਤੇ ਦੱਸਿਆ ਕਿ ਉਹਨਾਂ ਦੀ ਗਲੀ ਨੀਵੀਂ ਹੋਣ ਕਰਕੇ ਬਰਸਾਤ ‘ਚ ਹਮੇਸ਼ਾਂ ਸੀਵਰੇਜ ਦਾ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਮੁਸ਼ਕਲ ਬਣ ਗਈ ਹੈ।
ਇਸ ‘ਤੇ ਪ੍ਰਿਯੰਕਾ ਸ਼ਰਮਾ ਨੇ ਤੁਰੰਤ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾ ਕੇ ਹਦਾਇਤ ਦਿੱਤੀ ਕਿ ਗਲੀ ਵਿੱਚੋਂ ਡਿਸਪੋਜਲ ਮੋਟਰਾਂ ਦੀ ਮਦਦ ਨਾਲ ਤੁਰੰਤ ਪਾਣੀ ਬਾਹਰ ਕੱਢਿਆ ਜਾਵੇ। ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਗਲੀ ਨੂੰ ਸਥਾਈ ਤੌਰ ‘ਤੇ ਉੱਚੀ ਕਰਨ ਲਈ ਜ਼ਰੂਰੀ ਐਸਟੀਮੇਟ ਤਿਆਰ ਕਰਕੇ ਬਰਸਾਤ ਦੇ ਮੌਸਮ ਤੋਂ ਬਾਅਦ ਕੰਮ ਸ਼ੁਰੂ ਕੀਤਾ ਜਾਵੇ।
ਇਸ ਮੌਕੇ ਪ੍ਰਿਯੰਕਾ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਵਸਨੀਕ ਨੂੰ ਗੰਦਗੀ, ਸੀਵਰੇਜ ਪਾਣੀ ਜਾਂ ਨਿਕਾਸੀ ਦੀ ਸਮੱਸਿਆ ਕਾਰਨ ਪਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਪ੍ਰਾਥਮਿਕਤਾ ਲੋਕਾਂ ਦੀਆਂ ਮੁੱਖ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਰ ਇਲਾਕੇ ਵਿੱਚ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਦੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਨਗਰ ਨਿਗਮ ਅਧਿਕਾਰੀ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਨ। ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।