ਪੰਜਾਬ ਰੋਡਵੇਜ਼ ਤੇ PRTC ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ, 31 ਅਕਤੂਬਰ ਦੀ ਕੈਬਨਿਟ ਮੀਟਿੰਗ ’ਚ ਹੋ ਸਕਦਾ ਹੈ ਅਹਿਮ ਫੈਸਲਾ
ਸਰਵਿਸ ਰੂਲ ਲਾਗੂ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਠੇਕੇ ’ਤੇ ਰੱਖਣ ਬਾਰੇ ਸਰਕਾਰ ਨੇ ਦਿੱਤਾ ਭਰੋਸਾ, ਮੰਗਾਂ ਨਾ ਮੰਨੀਆਂ ਤਾਂ 1 ਨਵੰਬਰ ਨੂੰ ਯੂਨੀਅਨ ਕਰੇਗੀ ਅਗਲੇ ਸੰਘਰਸ਼ ਦਾ ਐਲਾਨ।
Punjab ਵਿੱਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਲਈ ਰਾਹਤ ਦੀ ਉਮੀਦ ਜਾਗੀ ਹੈ। ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿੱਤਾ ਕਿ 31 ਅਕਤੂਬਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਦੇ ਸਰਵਿਸ ਰੂਲ ਪਾਸ ਕਰਵਾਉਣ ਅਤੇ ਲਾਗੂ ਕਰਨ ਲਈ ਯਤਨ ਕੀਤੇ ਜਾਣਗੇ।
ਜਾਣਕਾਰੀ ਅਨੁਸਾਰ, ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਵਿਭਾਗੀ ਅਧਿਕਾਰੀਆਂ ਨਾਲ ਯੂਨੀਅਨ ਦੀ ਮੀਟਿੰਗ ਹੋਈ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਮਚਾਰੀਆਂ ਵਾਂਗ ਸਹੂਲਤਾਂ ਅਤੇ ਲਾਭ ਦੇਣ ਸਮੇਤ ਕਈ ਮਾਮਲਿਆਂ ’ਤੇ ਚਰਚਾ ਹੋਈ।

Punjab Roadways , ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਆਗੂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਆਊਟਸੋਰਸ ਮੁਲਾਜ਼ਮਾਂ ਨੂੰ 2026 ਦੇ ਐਕਟ ਤਹਿਤ ਸਿੱਧੇ ਕੰਟਰੈਕਟ ’ਤੇ ਰੱਖਣ ਦੇ ਮਾਮਲੇ ਨੂੰ ਵੀ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਸਬੰਧੀ ਹਾਂ-ਪੱਖੀ ਭਰੋਸਾ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।
ਦੂਜੇ ਪਾਸੇ, ਯੂਨੀਅਨ ਆਗੂ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਆਫਰ ਲੈਟਰ ਸਬੰਧੀ ਮਾਮਲੇ ਵਿੱਚ ਮੀਟਿੰਗ ਦੌਰਾਨ ਕੋਈ ਅੰਤਿਮ ਸਹਿਮਤੀ ਨਹੀਂ ਬਣ ਸਕੀ। ਉਨ੍ਹਾਂ ਦੀ ਮੰਗ ਹੈ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਸਬੰਧਤ ਐਕਟ ਤਹਿਤ ਸਿੱਧੇ ਕੰਟਰੈਕਟ ’ਤੇ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।
ਯੂਨੀਅਨ ਵੱਲੋਂ ਪਨਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਦੇ ਆਧਾਰ ’ਤੇ ਰੈਗੂਲਰ ਕਰਨ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਗਈ। ਆਗੂਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਸਰਵਿਸ ਰੂਲ ਤਿਆਰ ਕੀਤੇ ਜਾ ਚੁੱਕੇ ਹਨ ਅਤੇ ਵਿੱਤ ਵਿਭਾਗ ਤੇ ਪਰਸੋਨਲ ਵਿਭਾਗ ਤੋਂ ਮਨਜ਼ੂਰੀ ਵੀ ਮਿਲ ਚੁੱਕੀ ਹੈ।
ਹਾਲਾਂਕਿ, ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖਤੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਖ਼ਤਮ ਕਰਨ ਦਾ ਫੈਸਲਾ ਨਹੀਂ ਲਿਆ ਜਾਵੇਗਾ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਦਾ ਠੋਸ ਹੱਲ ਨਾ ਨਿਕਲਿਆ ਤਾਂ 1 ਨਵੰਬਰ ਨੂੰ ਲੁਧਿਆਣਾ ਵਿਖੇ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ।
