ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਵਾਲੇ ਐਲਾਨ ਦਾ ਸਖ਼ਤ ਵਿਰੋਧ ਕਰਦਿਆਂ ਨਗਰ ਨਿਗਮ ਚੋਣਾਂ ਨੂੰ ਮੁੜ ਤਹਿ ਕਰਨ ਦੀ ਮੰਗ ਕੀਤੀ ਹੈ।
ਐਡਵੋਕੇਟ ਹਰਜਿੰਦਰ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਜਨਵਰੀ 2025 ਤੱਕ ਮੁਲਤਵੀ ਕਰਨ। ਉਨ੍ਹਾਂ ਕਿਹਾ ਕਿ ਦਸੰਬਰ ‘ਚ ਇਹ ਚੋਣਾਂ ਕਰਵਾਉਣ ਨਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਦਾ ਨਿਰਾਦਰ ਹੋਵੇਗਾ।
ਜਿਕਰਯੋਗ, ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਨਾਲ-ਨਾਲ ਮਾਤਾ ਗੁਜਰ ਕੌਰ ਜੀ ਅਤੇ ਹੋਰ ਪਿਆਰੇ ਸਿੱਖਾਂ ਦੀ ਸ਼ਹਾਦਤ ਕਾਰਨ ਦਸੰਬਰ ਦਾ ਮਹੀਨਾ ਸਿੱਖ ਇਤਿਹਾਸ ‘ਚ ਮਹੱਤਵਪੂਰਨ ਹੈ।
ਇਸ ਦੇ ਨਾਲ ਹੀ ਉਨ੍ਹਾਂ ਜ਼ਿਕਰ ਕੀਤਾ ਕਿ SGPC ਨੇ ਪਹਿਲਾਂ ਵੀ ਪੱਤਰ ਭੇਜ ਕੇ ਜਨਵਰੀ ਮਹੀਨੇ ਚੋਣਾਂ ਕਰਵਾਉਣ ਦੀ ਬੇਨਤੀ ਕੀਤੀ ਸੀ ਪਰ ਉਨ੍ਹਾਂ ਨਿਰਾਸ਼ਾ ਜ਼ਾਹਰ ਕੀਤੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦਿਆਂ ਚੋਣਾਂ ਤਹਿ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਪੰਜਾਬ ਚੋਣ ਕਮਿਸ਼ਨ ਨੇ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਵਿੱਚ 21 ਦਸੰਬਰ ਨੂੰ ਚੋਣਾਂ ਹੋਣੀਆਂ ਹਨ।