SGPC:- ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ

SGPC :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਸੰਸਥਾਵਾਂ ਤੇ ਪ੍ਰਚਾਰਕਾਂ ਨੂੰ ਇੱਕਜੁੱਟਤਾ ਨਾਲ ਅਗਾਂਹ ਵਧਣ ਲਈ ਆਖਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾਂ ਅਨੁਸਾਰ ਸਾਨੂੰ ਸਾਰਿਆਂ ਨੂੰ ਇੱਕਜੁੱਟਤਾ ਨਾਲ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਧਰਮ ਪਰਿਵਰਤਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਦੀ ਵੱਡੀ ਲੋੜ ਹੈ।
ਜਥੇਦਾਰ ਗੜਗੱਜ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਸਮੇਤ ਹੋਰ ਸਿੱਖ ਸ਼ਖ਼ਸੀਅਤਾਂ ਜਿਨ੍ਹਾਂ ਦੇ ਮਾਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਹਨ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਵੀ ਸੱਦਾ ਦਿੱਤਾ ਤਾਂ ਜੋ ਇੱਕਜੁੱਟਤਾ ਨਾਲ ਪੰਜਾਬ ਅੰਦਰ ਧਰਮ ਪਰਿਵਰਤਨ ਨੂੰ ਠੱਲ੍ਹਣ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਨੂੰ ਪ੍ਰਚੰਡ ਕੀਤਾ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਹੋਰ ਸਿੱਖ ਸ਼ਖ਼ਸੀਅਤਾਂ ਖ਼ਾਲਸਾ ਪੰਥ ਦੀ ਮੁੱਖ ਧਾਰਾ ਵਿੱਚ ਆ ਕੇ ਪ੍ਰਚਾਰ ਪ੍ਰਸਾਰ ਦਾ ਕਾਰਜ ਕਰਨਾ ਚਾਹੁੰਦੇ ਹਨ ਤਾਂ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਤੇ ਸਿਧਾਂਤ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਲਿਹਾਜ਼ਾ ਉਹ ਸਮਰਪਣ ਭਾਵ ਨਾਲ ਗੁਰੂ ਦੇ ਦਰਬਾਰ ਵਿਖੇ ਆਉਣ।


ਇਸ ਦੇ ਨਾਲ ਹੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫਿਲਮਾਂ/ਐਨੀਮੇਸ਼ਨ ਫਿਲਮਾਂ ਦੇ ਮਾਮਲਿਆਂ ਨੂੰ ਲੈ ਕੇ 2 ਮਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਮੂਹ ਸਿੱਖ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਵਿਦਵਾਦਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਸਬੰਧੀ ਫਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਿਤ ਰਹਿੰਦਾ ਹੈ ਅਤੇ ਜਦੋਂ ਵੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਸਿੱਖ ਕੌਮ ਅੰਦਰ ਰੋਸ ਅਤੇ ਰੋਹ ਦੀ ਭਾਵਨਾ ਪ੍ਰਗਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸੰਗਤ ਵੱਲੋਂ ਕੋਈ ਠੋਸ ਨਿਰਣਾ ਲੈਣ ਲਈ ਵਿਚਾਰ ਆਉਂਦੇ ਰਹਿੰਦੇ ਹਨ ਅਤੇ ਇਹ ਬੇਹੱਦ ਸੰਜੀਦਾ ਮਾਮਲਾ ਹੋਣ ਕਰਕੇ ਗੰਭੀਰ ਚਿੰਤਨ ਦੀ ਮੰਗ ਕਰਦਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸਮੂਹ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਅਤਿ ਮਹੱਤਵਪੂਰਨ ਰਾਏ ਪ੍ਰਾਪਤ ਕਰਨ ਲਈ ਇਹ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਇਕੱਤਰਤਾ ਸਬੰਧੀ ਸੱਦਾ ਪੱਤਰ ਸਮੂਹ ਜਥੇਬੰਦੀਆਂ ਤੇ ਵਿਦਵਾਦਾਂ ਨੂੰ ਭੇਜੇ ਜਾਣਗੇ ਅਤੇ ਅਪੀਲ ਕੀਤੀ ਕਿ ਇਸ ਮਾਮਲੇ ਉੱਤੇ ਆਪਣੇ ਸੁਝਾਅ ਲੈ ਕੇ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।

Leave a Reply

Your email address will not be published. Required fields are marked *