Parvinder Singh Jhota ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ SGPC ਵੱਲੋਂ ਸਮਰਥਨ
SGPC ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ
ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ S.Parvinder Singh ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
SGPC ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।
